Punjab ਵਿੱਚ ਮਹਿੰਗੀ ਹੋਵੇਗੀ ਸ਼ਰਾਬ
ਪੂਰੀ ਤਰ੍ਹਾਂ ਡਿਜੀਟਲ ਕੀਤਾ ਜਾਵੇਗਾ ਅਤੇ ਸ਼ਰਾਬ ਦੀ ਹਰ ਬੋਤਲ 'ਤੇ ਨਜ਼ਰ ਰੱਖਣ ਲਈ 'ਟਰੈਕ ਐਂਡ ਟਰੇਸ' ਸਿਸਟਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇਵੇਗੀ ਕੈਬਨਿਟ, ₹12,500 ਕਰੋੜ ਦੀ ਕਮਾਈ ਦਾ ਟੀਚਾ
ਚੰਡੀਗੜ੍ਹ: 23 ਫਰਵਰੀ, 2026
ਪੰਜਾਬ ਸਰਕਾਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਵਾਲੀ ਕੈਬਨਿਟ ਮੀਟਿੰਗ ਦੌਰਾਨ ਸਾਲ 2026-27 ਲਈ ਨਵੀਂ ਆਬਕਾਰੀ ਨੀਤੀ (Excise Policy) ਨੂੰ ਹਰੀ ਝੰਡੀ ਦੇਣ ਜਾ ਰਹੀ ਹੈ। ਇਸ ਨਵੀਂ ਨੀਤੀ ਤਹਿਤ ਸੂਬੇ ਵਿੱਚ ਸ਼ਰਾਬ ਦੀਆਂ ਕੀਮਤਾਂ ਵਿੱਚ ਵਾਧਾ ਹੋਣਾ ਤੈਅ ਮੰਨਿਆ ਜਾ ਰਿਹਾ ਹੈ। ਸਰਕਾਰ ਦਾ ਮੁੱਖ ਉਦੇਸ਼ ਮਾਲੀਆ ਵਧਾਉਣਾ ਅਤੇ ਸ਼ਰਾਬ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਨੱਥ ਪਾਉਣਾ ਹੈ।
ਨਵੀਂ ਨੀਤੀ ਵਿੱਚ ਸਰਕਾਰ ਨੇ ਅਗਲੇ ਵਿੱਤੀ ਸਾਲ ਲਈ 12,500 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇਕੱਠਾ ਕਰਨ ਦਾ ਅਭਿਲਾਸ਼ੀ ਟੀਚਾ ਰੱਖਿਆ ਹੈ, ਜੋ ਕਿ ਪਿਛਲੇ ਸਾਲ ਦੇ 11,200 ਕਰੋੜ ਰੁਪਏ ਦੇ ਟੀਚੇ ਨਾਲੋਂ ਲਗਭਗ 8 ਤੋਂ 10 ਫੀਸਦੀ ਜ਼ਿਆਦਾ ਹੈ। ਸੂਤਰਾਂ ਅਨੁਸਾਰ ਵਿਦੇਸ਼ੀ ਸ਼ਰਾਬ (Imported Liquor) ਅਤੇ ਅੰਗਰੇਜ਼ੀ ਸ਼ਰਾਬ (IMFL) ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਮੰਗ ਨੂੰ ਪੂਰਾ ਕਰਨ ਲਈ ਅੰਗਰੇਜ਼ੀ ਸ਼ਰਾਬ ਦਾ ਕੋਟਾ ਵੀ ਵਧਾਇਆ ਜਾ ਸਕਦਾ ਹੈ। ਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਡਿਜੀਟਲ ਕੀਤਾ ਜਾਵੇਗਾ ਅਤੇ ਸ਼ਰਾਬ ਦੀ ਹਰ ਬੋਤਲ 'ਤੇ ਨਜ਼ਰ ਰੱਖਣ ਲਈ 'ਟਰੈਕ ਐਂਡ ਟਰੇਸ' ਸਿਸਟਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਦੇ ਨਾਲ ਹੀ, ਅੱਜ ਦੀ ਮੀਟਿੰਗ ਵਿੱਚ ਪੰਜਾਬ ਦੇ ਬਜਟ ਸੈਸ਼ਨ ਦੀਆਂ ਤਰੀਕਾਂ 'ਤੇ ਵੀ ਮੋਹਰ ਲੱਗ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਕੇਤ ਦਿੱਤੇ ਹਨ ਕਿ ਇਸ ਵਾਰ ਸੂਬੇ ਦਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ, ਜੋ ਕਿ ਕੌਮਾਂਤਰੀ ਮਹਿਲਾ ਦਿਵਸ ਦਾ ਦਿਨ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਇਸ ਇਤਿਹਾਸਕ ਦਿਨ 'ਤੇ ਸਰਕਾਰ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦੀ ਆਪਣੀ ਮੁੱਖ ਚੋਣ ਗਾਰੰਟੀ ਨੂੰ ਪੂਰਾ ਕਰਨ ਦਾ ਐਲਾਨ ਕਰ ਸਕਦੀ ਹੈ। ਵਿਰੋਧੀ ਧਿਰ ਦੇ ਆਗੂਆਂ ਅਨੁਸਾਰ ਬਜਟ ਸੈਸ਼ਨ 6 ਮਾਰਚ ਤੋਂ ਸ਼ੁਰੂ ਹੋ ਕੇ 10 ਮਾਰਚ ਤੱਕ ਚੱਲਣ ਦੀ ਸੰਭਾਵਨਾ ਹੈ।
